—  ·  ਸਰੀ, ਬੀ.ਸੀ.
Canada · Punjab · World — Punjabi News
ਅੱਜਦੀਖ਼ਬਰ
Aaj Di Khabar
ਕੈਨੇਡਾ ਦੀ ਭਰੋਸੇਯੋਗ ਪੰਜਾਬੀ ਅਖ਼ਬਾਰ
ਤਾਜ਼ਾ ਖ਼ਬਰਾਂ
ਪੰਜਾਬ

ਪਠਾਣਮਾਜਰਾ ਨੇ ਦੱਸਿਆ ਪਾਰਟੀ ਛੱਡਣ ਦਾ ਅਸਲ ਕਾਰਨ; ਜਾਣੋ ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਕੀ ਕਿਹਾ

ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਵੱਡਾ ਸਿਆਸੀ ਧਮਾਕਾ ਹੋਇਆ, ਜਦੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜ ਲਿਆ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਠਾਣਮਾਜਰਾ ਨੇ ਪਹਿਲੀ ਵਾਰ ਖੁੱਲ੍ਹ ਕੇ ਦੱਸਿਆ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਛੱਡਣ ਦਾ ਫ਼ੈਸਲਾ ਕਿਉਂ ਲਿਆ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਤੇ ਪਾਰਟੀ ਦੀ ਕਾਰਜਸ਼ੈਲੀ ’ਤੇ ਗੰਭੀਰ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਤਰੱਕੀ ਵੱਲ ਲਿਜਾਣ ਦੀ ਬਜਾਏ ਦਲਦਲ ਵਿੱਚ ਧੱਕ ਦਿੱਤਾ ਹੈ।

ਨਵੀਂ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਠਾਣਮਾਜਰਾ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਪਹਿਲੀ ਵਾਰ ਪੰਜਾਬ ਵਿੱਚ ਆਈ ਸੀ ਤਾਂ ਇਸ ਨੇ ਲੋਕਾਂ ਸਾਹਮਣੇ ਬਦਲਾਅ ਦਾ ਬਹੁਤ ਹੀ ਆਕਰਸ਼ਕ ਵਿਜ਼ਨ ਰੱਖਿਆ ਸੀ। ਪਾਰਟੀ ਦੇ ਇਨ੍ਹਾਂ ਵਾਅਦਿਆਂ ਅਤੇ ਵਿਚਾਰਾਂ ਕਾਰਨ ਹੀ ਪੰਜਾਬ ਦੇ ਲੋਕਾਂ ਨੇ ਇਸ ਨੂੰ ਵੱਡਾ ਸਮਰਥਨ ਦਿੱਤਾ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦਿਵਾਈ।

ਪਰ ਉਨ੍ਹਾਂ ਮੁਤਾਬਕ ਸਮਾਂ ਬੀਤਣ ਦੇ ਨਾਲ ਪਾਰਟੀ ਦੀ ਕਾਰਜਸ਼ੈਲੀ ਬਦਲਦੀ ਗਈ। ਜਿਹੜੇ ਆਗੂ ਪੰਜਾਬ ਦੇ ਹਿੱਤਾਂ ਦੀ ਗੱਲ ਕਰਦੇ ਸਨ ਅਤੇ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕਦੇ ਸਨ, ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਣ ਲੱਗੀ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਅੰਦਰ ਆਪਣੀ ਗੱਲ ਰੱਖਣ ਵਾਲੇ ਆਗੂਆਂ ਨੂੰ ਅੱਗੇ ਵਧਾਉਣ ਦੀ ਬਜਾਏ ਉਨ੍ਹਾਂ ਦੇ ਪਰ ਕੱਟੇ ਜਾਣ ਲੱਗੇ।

‘ਉੱਡਦਾ ਪੰਜਾਬ ਨਹੀਂ, ਉੱਭਰਦਾ ਪੰਜਾਬ ਬਣਾਉਣਾ ਚਾਹੁੰਦੇ ਹਾਂ’

ਪਠਾਣਮਾਜਰਾ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਦੀ ਮੌਜੂਦਾ ਸਥਿਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਪੰਜਾਬ ਨੂੰ ਅਕਸਰ ‘ਉੱਡਦਾ ਪੰਜਾਬ’ ਕਿਹਾ ਜਾਂਦਾ ਹੈ, ਜਦਕਿ ਹਰ ਪੰਜਾਬੀ ਦੀ ਇੱਛਾ ਹੈ ਕਿ ਸੂਬਾ ‘ਉੱਭਰਦਾ ਪੰਜਾਬ’ ਬਣੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਅਤੇ ਹੋਰ ਗੰਭੀਰ ਚੁਣੌਤੀਆਂ ਕਾਰਨ ਪੰਜਾਬ ਦੀ ਤਸਵੀਰ ਖ਼ਰਾਬ ਹੋ ਰਹੀ ਹੈ।

Good Deal Motors

ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਦੋਸ਼ ਲਾਇਆ ਕਿ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਸੂਬੇ ਨੂੰ ਆਰਥਿਕ ਤੌਰ ’ਤੇ ਵੀ ਕਮਜ਼ੋਰ ਕੀਤਾ ਹੈ।

ਪੰਜਾਬ ਸਿਰ ਕਰਜ਼ੇ ਨੂੰ ਲੈ ਕੇ ਵੀ ਚੁੱਕੇ ਸਵਾਲ

ਪਠਾਣਮਾਜਰਾ ਨੇ ਪੰਜਾਬ ਦੀ ਆਰਥਿਕ ਸਥਿਤੀ ’ਤੇ ਚਿੰਤਾ ਜ਼ਾਹਰ ਕਰਦਿਆਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੋਰਨਾਂ ਸਰਕਾਰਾਂ ਦੇ ਮੁਕਾਬਲੇ ਵੱਧ ਕਰਜ਼ਾ ਲਿਆ ਹੈ, ਜਿਸ ਕਾਰਨ ਪੰਜਾਬ ਦੀ ਆਰਥਿਕ ਹਾਲਤ ਗੰਭੀਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਇਸ ਸਮੇਂ ਅਜਿਹੀ ਸਰਕਾਰ ਦੀ ਲੋੜ ਹੈ ਜੋ ਆਰਥਿਕਤਾ ਨੂੰ ਮਜ਼ਬੂਤ ਕਰੇ, ਵਿਕਾਸ ਦੇ ਨਵੇਂ ਰਾਹ ਖੋਲ੍ਹੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰੇ।

ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀ ਦੱਸਿਆ ਕਾਰਨ?

ਹਰਮੀਤ ਸਿੰਘ ਪਠਾਣਮਾਜਰਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਫ਼ੈਸਲੇ ਪਿੱਛੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਇੱਕ ਕੌਮੀ ਪਾਰਟੀ ਹੈ ਅਤੇ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਕੇਂਦਰ ਨਾਲ ਬਿਹਤਰ ਤਾਲਮੇਲ ਰਾਹੀਂ ਸੂਬੇ ਨੂੰ ਕਾਫ਼ੀ ਲਾਭ ਹੋ ਸਕਦਾ ਹੈ।

ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਗਏ ਵਾਅਦੇ ਦਾ ਵੀ ਹਵਾਲਾ ਦਿੱਤਾ। ਪਠਾਣਮਾਜਰਾ ਨੇ ਕਿਹਾ ਕਿ ਅਮਿਤ ਸ਼ਾਹ ਜੋ ਵਾਅਦਾ ਕਰਦੇ ਹਨ, ਉਸ ਨੂੰ ਪੂਰਾ ਕਰਨ ਦੀ ਸਮਰੱਥਾ ਰੱਖਦੇ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਕਰਨ, ਸੂਬੇ ਸਿਰ ਚੜ੍ਹੇ ਕਰਜ਼ੇ ਦੀ ਸਮੱਸਿਆ ਹੱਲ ਕਰਨ ਅਤੇ ਕਿਸਾਨਾਂ ਦੇ ਮੁੱਦਿਆਂ ’ਤੇ ਕੰਮ ਕਰਨ ਵਿੱਚ ਮਦਦ ਕਰ ਸਕਦੀ ਹੈ।

2027 ਦੀਆਂ ਚੋਣਾਂ ਸਨੌਰ ਤੋਂ ਲੜਨ ਦਾ ਕੀਤਾ ਐਲਾਨ

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਠਾਣਮਾਜਰਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਨੌਰ ਹਲਕੇ ਤੋਂ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਨਾਲ ਜੁੜੇ ਰਹਿਣਗੇ ਅਤੇ ਪੰਜਾਬ ਦੇ ਹਿੱਤਾਂ ਲਈ ਕੰਮ ਕਰਨਗੇ।

ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਨੂੰ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਮਜ਼ਬੂਤ ਸਰਕਾਰ ਅਤੇ ਕੇਂਦਰ ਨਾਲ ਤਾਲਮੇਲ ਜ਼ਰੂਰੀ ਹੈ।

Apna Customs

ਟਿਕਟਾਂ ਦੀ ਸਿਆਸਤ ਵੀ ਬਣੀ ਪਾਰਟੀ ਛੱਡਣ ਦੀ ਵਜ੍ਹਾ?

ਪਠਾਣਮਾਜਰਾ ਦੇ ਪਾਰਟੀ ਛੱਡਣ ਦੇ ਫ਼ੈਸਲੇ ਪਿੱਛੇ ਸਿਰਫ਼ ਸਰਕਾਰ ਦੀ ਕਾਰਗੁਜ਼ਾਰੀ ਹੀ ਨਹੀਂ, ਸਗੋਂ 2027 ਦੀਆਂ ਚੋਣਾਂ ਲਈ ਪਾਰਟੀ ਦੀ ਅੰਦਰੂਨੀ ਰਣਨੀਤੀ ਨੂੰ ਵੀ ਅਹਿਮ ਕਾਰਨ ਮੰਨਿਆ ਜਾ ਰਿਹਾ ਹੈ।

ਰਿਪੋਰਟਾਂ ਮੁਤਾਬਕ ਆਮ ਆਦਮੀ ਪਾਰਟੀ ਨੇ ਸਨੌਰ ਹਲਕੇ ਵਿੱਚ ਰਣਜੋਧ ਹਡਾਣਾ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਸੀ। ਇਸ ਨਾਲ ਪਠਾਣਮਾਜਰਾ ਦੀ ਅਗਲੀਆਂ ਚੋਣਾਂ ਵਿੱਚ ਟਿਕਟ ਨੂੰ ਲੈ ਕੇ ਸਿਆਸੀ ਚਰਚਾ ਸ਼ੁਰੂ ਹੋ ਗਈ ਸੀ। ਹਾਲਾਂਕਿ ਪਾਰਟੀ ਨੇ ਅਜੇ ਤੱਕ ਸਨੌਰ ਹਲਕੇ ਤੋਂ ਆਪਣਾ ਅੰਤਿਮ ਉਮੀਦਵਾਰ ਐਲਾਨਿਆ ਨਹੀਂ ਸੀ।

ਇਸ ਤੋਂ ਇਲਾਵਾ ਪਠਾਣਮਾਜਰਾ ਅਤੇ ਪਾਰਟੀ ਲੀਡਰਸ਼ਿਪ ਵਿਚਕਾਰ ਪਹਿਲਾਂ ਤੋਂ ਹੀ ਤਣਾਅ ਚੱਲ ਰਿਹਾ ਸੀ। ਹਲਕੇ ਵਿੱਚ ਹੜ੍ਹਾਂ ਦੌਰਾਨ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਉਨ੍ਹਾਂ ਵੱਲੋਂ ਕੀਤੀ ਗਈ ਜਨਤਕ ਆਲੋਚਨਾ ਅਤੇ ਹੋਰ ਵਿਵਾਦਾਂ ਨੇ ਵੀ ਦੂਰੀਆਂ ਵਧਾਈਆਂ ਸਨ।

ਤਿੰਨ ਵਿਧਾਇਕਾਂ ਦੇ ਭਾਜਪਾ ਵਿੱਚ ਜਾਣ ਨਾਲ ‘ਆਪ’ ਨੂੰ ਝਟਕਾ

ਜ਼ਿਕਰਯੋਗ ਹੈ ਕਿ 2 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ, ਚੇਤਨ ਸਿੰਘ ਜੌੜਾਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨਵੀਂ ਦਿੱਲੀ ਵਿਖੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਭਾਜਪਾ ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਅਤੇ ਹੋਰ ਸੀਨੀਅਰ ਆਗੂ ਮੌਜੂਦ ਸਨ।

ਤਿੰਨਾਂ ਆਗੂਆਂ ਵੱਲੋਂ ਪਾਰਟੀ ਛੱਡਣ ਦਾ ਫ਼ੈਸਲਾ ਉਸ ਸਮੇਂ ਆਇਆ ਹੈ ਜਦੋਂ ਆਮ ਆਦਮੀ ਪਾਰਟੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਤਿੰਨਾਂ ਆਗੂਆਂ ਨੇ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਆਪਣੀ ਪੁਰਾਣੀ ਪਾਰਟੀ ’ਤੇ ਨਿਸ਼ਾਨੇ ਸਾਧੇ। ਹੁਣ ਇਹ ਸਿਆਸੀ ਤਬਦੀਲੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੀ ਅਸਰ ਪਾਉਂਦੀ ਹੈ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।

GKM ਮੀਡੀਆ ਨੈੱਟਵਰਕ

ONE BRAND · NEWS · TV · RADIO · E-PAPER
Sardar Ji Academy
Good Deal Motors
Apna Customs
Navneet Sharma