ਘਟਨਾ ਵਿੱਚ ਸ਼ਾਮਲ ਨੌਜਵਾਨਾਂ ਦੀ ਪਛਾਣ ਲਈ ਲੋਕਾਂ ਤੋਂ ਮਦਦ ਦੀ ਅਪੀਲ
ਚਿਲੀਵੈਕ : ਬ੍ਰਿਟਿਸ਼ ਕੋਲੰਬੀਆ ਦੇ ਚਿਲੀਵੈਕ ਵਿੱਚ ਇੱਕ ਨਾਬਾਲਗ ਲੜਕੀ ਨਾਲ ਨੌਜਵਾਨਾਂ ਦੇ ਸਮੂਹ ਵੱਲੋਂ ਕਥਿਤ ਕੁੱਟਮਾਰ ਕੀਤੇ ਜਾਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਆਰਸੀਐੱਮਪੀ ਨੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ।
ਪੁਲਿਸ ਅਨੁਸਾਰ 8 ਨਵੰਬਰ 2026 ਨੂੰ ਸ਼ਾਮ ਸਮੇਂ ਵਾਪਰੀ ਇਸ ਘਟਨਾ ਦੀ ਸ਼ਿਕਾਇਤ ਮਿਲੀ ਸੀ, ਪਰ ਉਸ ਵੇਲੇ ਜਾਂਚ ਲਈ ਸੀਮਤ ਜਾਣਕਾਰੀ ਉਪਲਬਧ ਸੀ। ਇਸ ਤੋਂ ਬਾਅਦ 13 ਨਵੰਬਰ ਨੂੰ ਘਟਨਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਸਾਹਮਣੇ ਆਉਣ ਮਗਰੋਂ ਪੁਲਿਸ ਨੂੰ ਹੋਰ ਸ਼ਿਕਾਇਤਾਂ ਪ੍ਰਾਪਤ ਹੋਈਆਂ। ਚਿਲੀਵੈਕ ਆਰਸੀਐੱਮਪੀ ਨੇ ਦੱਸਿਆ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਚਿਲੀਵੈਕ ਸਕੂਲ ਡਿਸਟ੍ਰਿਕਟ ਨਾਲ ਵੀ ਮਿਲ ਕੇ ਕੰਮ ਕਰ ਰਹੀ ਹੈ। ਹਾਲਾਂਕਿ ਹੁਣ ਤੱਕ ਅਜਿਹਾ ਕੋਈ ਸੰਕੇਤ ਨਹੀਂ ਮਿਲਿਆ ਕਿ ਇਹ ਘਟਨਾ ਸਕੂਲ ਦੇ ਸਮੇਂ ਜਾਂ ਕਿਸੇ ਸਕੂਲੀ ਗਤੀਵਿਧੀ ਦੌਰਾਨ ਵਾਪਰੀ ਸੀ। ਅੱਪਰ ਫਰੇਜ਼ਰ ਵੈਲੀ ਰੀਜਨਲ ਡਿਟੈਚਮੈਂਟ ਦੀ ਬੁਲਾਰਨ ਕਾਰਪੋਰਲ ਕਾਰਮਨ ਕੀਨਰ ਨੇ ਕਿਹਾ ਕਿ ਵਾਇਰਲ ਵੀਡੀਓ ਬੇਹੱਦ ਪਰੇਸ਼ਾਨ ਕਰਨ ਵਾਲੀ ਹੈ ਅਤੇ ਇਸ ਕਾਰਨ ਭਾਈਚਾਰੇ ਵਿੱਚ ਚਿੰਤਾ ਪੈਦਾ ਹੋਈ ਹੈ। ਉਨ੍ਹਾਂ ਘਟਨਾ ਦੇ ਚਸ਼ਮਦੀਦਾਂ ਅਤੇ ਸ਼ਾਮਲ ਵਿਅਕਤੀਆਂ ਦੀ ਪਛਾਣ ਬਾਰੇ ਜਾਣਕਾਰੀ ਰੱਖਣ ਵਾਲਿਆਂ ਨੂੰ ਪੁਲਿਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ। ਪੁਲਿਸ ਨੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਫੈਲ ਰਹੇ ਨਾਵਾਂ ਅਤੇ ਅਪੁਸ਼ਟ ਦੋਸ਼ਾਂ ’ਤੇ ਭਰੋਸਾ ਨਾ ਕਰਨ ਦੀ ਸਲਾਹ ਦਿੱਤੀ ਹੈ। ਜਾਂਚ ਲਈ ਚਸ਼ਮਦੀਦਾਂ ਦੇ ਬਿਆਨ ਅਤੇ ਸਿੱਧੇ ਤੌਰ ’ਤੇ ਪੁਲਿਸ ਨੂੰ ਦਿੱਤੀ ਜਾਣਕਾਰੀ ਮਹੱਤਵਪੂਰਨ ਹਨ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਰੱਖਣ ਵਾਲੇ ਵਿਅਕਤੀ 604-792-4611 ’ਤੇ ਚਿਲੀਵੈਕ ਆਰਸੀਐੱਮਪੀ ਨਾਲ ਸੰਪਰਕ ਕਰ ਸਕਦੇ ਹਨ। ਇਸ ਸਬੰਧੀ ਪੁਲਿਸ ਫਾਈਲ ਨੰਬਰ 2026-50066 ਦਾ ਹਵਾਲਾ ਦਿੱਤਾ ਜਾਵੇ।




