ਲੋਅਰ ਮੇਨਲੈਂਡ ਦੀ ਸਿੱਖ ਸੰਗਤ ਵੱਲੋਂ ਗੁਰੂ ਸਾਹਿਬ ਦੇ ਸਰਬੋਤਮ ਸਤਿਕਾਰ ਅਤੇ ਗੁਰਮਤਿ ਮਰਿਆਦਾ ਨੂੰ ਯਕੀਨੀ ਬਣਾਉਣ ਲਈ ਪੰਥਕ ਦਿਸ਼ਾ-ਨਿਰਦੇਸ਼ਾਂ ਦੀ ਮੰਗ।
ਸਰੀ, ਬੀ.ਸੀ. | ਖੰਡੌਲੀ |15 ਜੁਲਾਈ 2026
ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਸਰੀ–ਡੈਲਟਾ ਵਿਖੇ ਸਥਿਤ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਯਾਦਗਾਰੀ ਇਮਾਰਤ ਵਿੱਚ ਲੋਅਰ ਮੇਨਲੈਂਡ ਦੀ ਸਮੂਹ ਸਿੱਖ ਸੰਗਤ ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪਾਂ ਦੀ ਆਵਾਜਾਈ ਅਤੇ ਸਤਿਕਾਰ ਨਾਲ ਜੁੜੇ ਮੁੱਦਿਆਂ ਸਬੰਧੀ ਇੱਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ ਗਈ।
ਪ੍ਰੈਸ ਕਾਨਫਰੰਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਕਿਸੇ ਵਿਅਕਤੀ ਜਾਂ ਸੰਸਥਾ ਦੇ ਵਿਰੁੱਧ ਨਹੀਂ, ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਬੋਤਮ ਸਤਿਕਾਰ, ਗੁਰਮਤਿ ਮਰਿਆਦਾ ਅਤੇ ਪੰਥਕ ਪਰੰਪਰਾਵਾਂ ਦੀ ਰੱਖਿਆ ਨੂੰ ਯਕੀਨੀ ਬਣਾਉਣਾ ਹੈ।
ਸੰਗਤ ਵੱਲੋਂ ਮੰਗ ਕੀਤੀ ਗਈ ਕਿ ਪਾਵਨ ਸਰੂਪਾਂ ਨੂੰ ਸਮੁੰਦਰੀ ਕਾਰਗੋ ਕੰਟੇਨਰਾਂ ਜਾਂ ਹੋਰ ਵਪਾਰਕ ਮਾਲ ਢੋਣ ਵਾਲੇ ਸਾਧਨਾਂ ਰਾਹੀਂ ਭੇਜਣ ਦੀ ਪ੍ਰਥਾ ਬੰਦ ਕੀਤੀ ਜਾਵੇ ਅਤੇ ਭਵਿੱਖ ਵਿੱਚ ਵਿਦੇਸ਼ਾਂ ਲਈ ਪਾਵਨ ਸਰੂਪਾਂ ਦੀ ਆਵਾਜਾਈ ਕੇਵਲ ਹਵਾਈ ਮਾਰਗ ਰਾਹੀਂ ਪੂਰੀ ਗੁਰਮਤਿ ਮਰਿਆਦਾ ਅਨੁਸਾਰ ਕੀਤੀ ਜਾਵੇ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਕੋਲੋਂ ਵਿਸ਼ਵ ਪੱਧਰ ’ਤੇ ਪਾਵਨ ਸਰੂਪਾਂ ਦੀ ਛਪਾਈ, ਆਵਾਜਾਈ, ਸੰਭਾਲ ਅਤੇ ਸੇਵਾ ਲਈ ਸਪੱਸ਼ਟ ਪੰਥਕ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ। ਸੰਗਤ ਨੇ ਇਹ ਵੀ ਅਪੀਲ ਕੀਤੀ ਕਿ ਇਸ ਮਾਮਲੇ ਨਾਲ ਸੰਬੰਧਿਤ ਸਾਰੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਕਰਕੇ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਵੇ।
ਪ੍ਰੈਸ ਕਾਨਫਰੰਸ ਦੌਰਾਨ StandForSatkar.org ਵੈੱਬਸਾਈਟ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਸ ਰਾਹੀਂ ਦੁਨੀਆ ਭਰ ਦੀਆਂ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੀ ਰਾਏ ਈਮੇਲ ਰਾਹੀਂ ਭੇਜ ਸਕਦੀਆਂ ਹਨ।
ਸੰਗਤ ਨੇ ਕਿਹਾ ਕਿ ਇਹ ਮੁਹਿੰਮ ਪੂਰੀ ਸ਼ਾਂਤੀ, ਸੰਜਮ ਅਤੇ ਗੁਰੂ ਸਾਹਿਬ ਦੇ ਸਰਬੋਤਮ ਸਤਿਕਾਰ ਨੂੰ ਕੇਂਦਰ ਵਿੱਚ ਰੱਖ ਕੇ ਚਲਾਈ ਜਾ ਰਹੀ ਹੈ ਅਤੇ ਇਸ ਦਾ ਉਦੇਸ਼ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਤੋਂ ਬਚਾਅ ਕਰਨਾ ਹੈ।
ਸੰਗਤ ਨੇ ਇਹ ਵੀ ਕਿਹਾ ਕਿ ਭਾਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ ਕਿ ਪਾਵਨ ਸਰੂਪਾਂ ਨਾਲ ਕਿਸੇ ਤਰ੍ਹਾਂ ਦੀ ਬੇਅਦਬੀ ਨਹੀਂ ਹੋਈ ਅਤੇ ਉਹ ਸੁਰੱਖਿਅਤ ਪਹੁੰਚੇ ਹਨ, ਪਰ ਲੋਅਰ ਮੇਨਲੈਂਡ ਦੀ ਸੰਗਤ ਦਾ ਮੰਨਣਾ ਹੈ ਕਿ ਗੁਰੂ ਸਾਹਿਬ ਦੇ ਸਤਿਕਾਰ ਅਤੇ ਮਰਿਆਦਾ ਦਾ ਮਿਆਰ ਹੋਰ ਉੱਚਾ ਹੋਣਾ ਚਾਹੀਦਾ ਹੈ।
ਪ੍ਰੈਸ ਕਾਨਫਰੰਸ ਵਿੱਚ ਭਾਈ ਜੈਮਲ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਲਖਵੰਤ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਭੁਪਿੰਦਰ ਸਿੰਘ ਹੋਠੀ, ਭਾਈ ਜਸਬੀਰ ਸਿੰਘ, ਭਾਈ ਗੁਰਦੀਪ ਸਿੰਘ ਸਮਰਾ, ਭਾਈ ਹਰਦੀਪ ਸਿੰਘ ਨਾਗਰਾ, ਭਾਈ ਰਣਜੀਤ ਸਿੰਘ ਖਾਲਸਾ ਜੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਮੀਡੀਆ ਵੀ ਹਾਜ਼ਰ ਸਨ।






